ਸੀਟੂ ਆਗੂਆਂ ਨੇ ਭਾਰਤ ਬੰਦ ਲਈ ਲੋਕਾਂ ਨੂੰ ਕੀਤਾ ਲਾਮਬੰਦ

ਸੀਟੂ ਆਗੂਆਂ ਨੇ ਭਾਰਤ ਬੰਦ ਲਈ ਲੋਕਾਂ ਨੂੰ ਕੀਤਾ ਲਾਮਬੰਦ

ਸਾਹਨੇਵਾਲ/ਲੁਧਿਆਣਾ (ਸਵਰਨਜੀਤ ਗਰਚਾ)

 

16 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਤੇ ਭਾਰਤ ਬੰਦ ਨੂੰ ਕਾਮਯਾਬ ਕਰਨ ਲਈ ਸੀਟੂ ਆਗੂਆਂ ਵੱਲੋਂ ਇੱਥੋਂ ਨੇੜੇ ਵੱਖ-ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਗਿਆ।

ਇਸ ਮੌਕੇ ਸੀਟੂ ਪੰਜਾਬ ਦੇ ਸੂਬਾ ਸਕੱਤਰ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਸਾਥੀ ਸਿਕੰਦਰ ਬਖ਼ਸ਼ ਮੰਡ ਚੌਂਤਾ ਨੇ ਮਨਰੇਗਾ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕੇਂਦਰ ਦੀ ਮੋਦੀ ਸਰਕਾਰ ਵਲੋਂ ਮਜ਼ਦੂਰ, ਕਿਸਾਨ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ, ਪੈਟਰੋਲ, ਡੀਜ਼ਲ, ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਲੋਕਾਂ ਦਾ ਜੀਵਨ ਬਤੀਤ ਕਰਨ ਲਈ ਹਰ ਰੋਜ਼ ਮੁਸ਼ਕਲਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ। ਸਮੁੱਚਾ ਪਬਲਿਕ ਸੈਕਟਰ ਵੇਚ ਦਿੱਤਾ ਗਿਆ ਹੈ, ਕਿਸਾਨਾਂ ਮਜ਼ਦੂਰਾਂ ਦੇ ਕਰਜ਼ਾ ਮੁਆਫ਼ ਨਹੀਂ ਕੀਤਾ ਜਾ ਰਿਹਾ. ਦੂਜੇ ਪਾਸੇ ਵਿਜੇ ਮਾਲਿਆ, ਨੀਰਵ ਮੋਦੀ ਵਰਗੇ ਕਾਰਪੋਰੇਟ ਘਰਾਣਿਆਂ ਦੇ ਕਰੋੜਾਂ ਰੁਪਏ ਦੇ ਕਰਜ਼ੇ ਮਾਫ਼ ਕਰ ਦਿੱਤੇ ਹਨ।

ਸਾਰੇ ਸਕੀਮ ਵਰਕਰਾਂ ਆਂਗਨਵਾੜੀ ਵਰਕਰਾਂ, ਮਨਰੇਗਾ ਮਜ਼ਦੂਰਾਂ, ਆਸ਼ਾ ਵਰਕਰਾਂ, ਮਿੱਡ ਡੇ ਮੀਲ, ਪੇਂਡੂ ਚੌਕੀਦਾਰਾਂ ਦੇ ਬਜ਼ਟ ਵਿਚ ਕਟੌਤੀਆਂ ਕਰ ਦਿੱਤੀਆਂ ਹਨ।

ਐੱਮਐੱਸਪੀ, ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ, ਬਿਜਲੀ ਬਿੱਲ 2020 ਰੱਦ ਕਰਨ ਦਾ ਵਾਅਦਾ ਮੋਦੀ ਸਰਕਾਰ ਵਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਲਿਖਤੀ ਸਮਝੌਤਾ ਕੀਤਾ ਗਿਆ ਸੀ ਜਿਸ ਨੂੰ ਲਾਗੂ ਕਰਨ ਲਈ ਮੋਦੀ ਸਰਕਾਰ ਤਿਆਰ ਨਹੀਂ। ਜਿਸ ਦੇ ਵਿਰੁੱਧ ਲਾਮਿਸਾਲ ਭਾਰਤ ਬੰਦ ਹੋਵੇਗਾ। ਉਨ੍ਹਾਂ ਮੰਗ ਕੀਤੀ ਕਿ ਮਿਨੀਮਮ ਵੇਜ ਵਿਚ ਵਾਧਾ ਕੀਤਾ ਜਾਵੇ, ਸਾਰੇ ਸਕੀਮ ਵਰਕਰਾਂ ਦੀ ਤਨਖਾਹ ਘੱਟੋ ਘੱਟ 26 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿਤਾ ਜਾਵੇ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ, ਕੱਚੇ ਵਰਕਰਾਂ ਨੂੰ ਪੱਕੇ ਕੀਤਾ ਜਾਵੇ।

ਸੀਟੂ ਆਗੂਆਂ ਨੇ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦੇ ਹੋਏ ਕਿਹਾ ਕਿ 16 ਫਰਵਰੀ ਦੇ ਭਾਰਤ ਬੰਦ ਨੂੰ ਸਫ਼ਲ ਕਰਨ ਲਈ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ।